ਸਲਾਨਾ ਸ਼ਹੀਦੀ ਸਭਾ ਦੌਰਾਨ ਨਾ ਕੀਤਾ ਜਾਵੇ ਸਿੰਗਲ ਯੂਜ਼ ਪਲਾਸਟਿਕ ਦਾ ਇਸਤੇਮਾਲ- ਏਡੀਸੀ ਜਸਪ੍ਰੀਤ ਸਿੰਘ

Last Updated: Nov 18 2019 17:14
Reading time: 2 mins, 14 secs

ਦਸ਼ਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਆਉਂਦੇ 26 ਤੋਂ 28 ਦਸੰਬਰ ਤੱਕ ਆਯੋਜਿਤ ਹੋਣ ਵਾਲੀ ਸਲਾਨਾ ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਅਸਿਸਟੈਂਟ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਏਡੀਸੀ ਨੇ ਸਲਾਨਾ ਸ਼ਹੀਦੀ ਸਭਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿੱਚਾਰ ਵਟਾਂਦਰਾ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹੀਦੀ ਸਭਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਭਾਵ ਇੱਕ ਵਾਰ ਇਸਤੇਮਾਲ ਕੀਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਹੋਣੀ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਹਿਰ ਵਿੱਚਲੀਆਂ ਸੜਕਾਂ ਅਤੇ ਫ਼ਤਹਿਗੜ ਸਾਹਿਬ ਵੱਲ ਆਉਣ ਵਾਲੀਆਂ ਸਮੂਹ ਸੜਕਾਂ ਦੇ ਆਲੇ ਦੁਆਲੇ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਸ਼ਹੀਦੀ ਸਭਾ ਦੌਰਾਨ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਮੀਟਿੰਗ ਦੌਰਾਨ ਅਸਿਸਟੈਂਟ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੂਹ ਅਧਿਕਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਸ਼ਹੀਦੀ ਸਭਾ ਦੌਰਾਨ ਦੇਸ਼ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਪੁੱਜਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਸੁਰੱਖਿਆ, ਟਰੈਫਿਕ ਅਤੇ ਪਾਰਕਿੰਗ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਤਾਂ ਕਿ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਲਈ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੋਂ ਰੋਜ਼ਾ ਸ਼ਰੀਫ ਤੱਕ ਸੜਕ ਦੇ ਦੋਵੇਂ ਪਾਸੇ ਕਿਸੇ ਵੀ ਕਿਸਮ ਦੀ ਦੁਕਾਨ ਜਾਂ ਸਟਾਲ ਲਗਾਉਣ ਤੇ ਵੀ ਪਾਬੰਦੀ ਹੋਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਗਤ ਦੀ ਸਹੂਲਤ ਲਈ ਆਰਜ਼ੀ ਪਖਾਨਿਆਂ ਅਤੇ ਮੋਬਾਈਲ ਪਖਾਨਿਆਂ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਅਤੇ ਅਧਿਕਾਰੀਆਂ ਨੂੰ ਸੰਗਤ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਾਫ਼ ਸਫ਼ਾਈ ਕਰਵਾਉਣ ਸਬੰਧੀ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਏਡੀਸੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤ ਨੂੰ ਮੈਡੀਕਲ ਸਹੂਲਤਾਂ ਉਪਲੱਬਧ ਕਰਵਾਉਣ ਲਈ ਜ਼ਰੂਰੀ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਉਚੇਚੇ ਤੌਰ ਤੇ ਰੈਣ ਵਸੇਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਦਿਵਿਆਂਗਾਂ ਲਈ ਵਿਸ਼ੇਸ਼ ਆਵਾਜਾਈ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਦਰਮਿਆਨ ਦੋਵੇਂ ਫਲਾਈ ਓਵਰਾਂ ਦਾ ਵੀ ਸੁੰਦਰੀਕਰਨ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਐਸ.ਪੀ (ਐਚ) ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਸਭਾ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਦੀ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਚੌਕਾਂ ਅਤੇ ਸੜਕਾਂ ਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਟਰੈਫਿਕ ਵਿਵਸਥਾ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਡੀ.ਐਮ ਫ਼ਤਹਿਗੜ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ ਅਮਲੋਹ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ ਖਮਾਣੋਂ ਪਰਮਜੀਤ ਸਿੰਘ, ਡੀ.ਐਸ.ਪੀ (ਐਚ) ਹਰਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।